ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ ਨੂੰ ਸਵੇਰੇ ਲਗਭਗ 11 ਵਜੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਹੋਣ ਵਾਲੇ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਸਾਲ ਸੰਵਿਧਾਨ ਨੂੰ ਅਪਣਾਏ ਜਾਣ ਦੀ 76ਵੀਂ ਵਰ੍ਹੇਗੰਢ ਹੈ।
ਇਸ ਸਮਾਗਮ ਵਿੱਚ ਰਾਸ਼ਟਰਪਤੀ, ਉਪ-ਰਾਸ਼ਟਰਪਤੀ, ਲੋਕ ਸਭਾ ਸਪੀਕਰ, ਦੋਵਾਂ ਸਦਨਾਂ ਦੇ ਸੰਸਦ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਸ਼ਾਮਲ ਹੋਣਗੇ।
ਪ੍ਰੋਗਰਾਮ ਦੌਰਾਨ ਰਾਸ਼ਟਰਪਤੀ ਦੀ ਅਗਵਾਈ ਹੇਠ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕੀਤਾ ਜਾਵੇਗਾ। ਇਸ ਮੌਕੇ ਮਲਿਆਲਮ, ਮਰਾਠੀ, ਨੇਪਾਲੀ, ਪੰਜਾਬੀ, ਬੋਡੋ, ਕਸ਼ਮੀਰੀ, ਤੇਲਗੂ, ਉੜੀਆ ਅਤੇ ਅਸਾਮੀ ਸਮੇਤ ਨੌਂ ਭਾਸ਼ਾਵਾਂ ਵਿੱਚ ਭਾਰਤ ਦੇ ਸੰਵਿਧਾਨ ਦਾ ਅਨੁਵਾਦਿਤ ਸੰਸਕਰਨ ਜਾਰੀ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਯਾਦਗਾਰੀ ਕਿਤਾਬ "ਭਾਰਤ ਦੇ ਸੰਵਿਧਾਨ ਵਿੱਚ ਕਲਾ ਅਤੇ ਕੈਲੀਗ੍ਰਾਫੀ" ਵੀ ਜਾਰੀ ਕੀਤੀ ਜਾਵੇਗੀ।


